ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ – ਆਰ. ਟੀ. ਓ
ਕਿਹਾ, ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹੇ ‘ਚ ਚਲਾਈ ਜਾ ਰਹੀ ਹੈ ਵਿਆਪਕ ਜਾਗਰੂਕਤਾ ਮੁਹਿੰਮ

ਹੁਸ਼ਿਆਰਪੁਰ, 23 ਜਨਵਰੀ ( ਸੂਤਰ ) ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸੜਕ ਦੁਰਘਟਨਾਵਾਂ ਦੀ ਰੋਕਥਾਮ ਅਤੇ ਆਵਾਜਾਈ ਨਿਯਮਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਅਮਨਦੀਪ ਕੌਰ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਬਹੁ-ਆਯਾਮੀ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ, ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ, ਸੁਰੱਖਿਅਤ ਡਰਾਈਵਿੰਗ ਅਤੇ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਤਾਂ ਜੋ ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਸੜਕ ਸੁਰੱਖਿਆ ਦੀ ਸਮਝ ਪੈਦਾ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਵਾਹਨਾਂ ‘ਤੇ ਰਿਫਲੈਕਟਰ ਲਗਾਏ ਜਾ ਰਹੇ ਹਨ, ਜਿਸ ਨਾਲ ਰਾਤ ਨੂੰ ਦ੍ਰਿਸ਼ਟੀ ਵਧੇਗੀ ਅਤੇ ਹਾਦਸਿਆਂ ਦੀ ਸੰਭਾਵਨਾ ਘੱਟ ਜਾਵੇਗੀ।

ਇਸ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ ਪ੍ਰਦੂਸ਼ਣ ਜਾਂਚ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਤਹਿਤ ਬਿਨਾਂ ਪ੍ਰਦੂਸ਼ਣ ਸਰਟੀਫਿਕੇਟ (ਪੀ.ਯੂ.ਸੀ) ਤੋਂ ਚੱਲਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

ਆਰ.ਟੀ.ਓ ਅਮਨਦੀਪ ਕੌਰ ਨੇ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਸਮਾਜ ਦੇ ਹਰੇਕ ਨਾਗਰਿਕ ਦੀ ਸਮੂਹਿਕ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਗਤੀ ਸੀਮਾ ਦੀ ਪਾਲਣਾ ਕਰਨ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਕੇ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ।



